ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ…

ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ। ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਸਪਤਾਹ ਤਹਿਤ ਬਠਿੰਡਾ, ਪਟਿਆਲਾ, ਸੰਗਰੂਰੁ ਸਣੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ‘ਟ੍ਰੈਫਿਕ ਜਗਰਾਤਾ ਡਰਾਈਵ’ ਚਲਾਈ ਗਈ, ਜਿਸ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹੋਏ, ਜਿਸ ਤਹਿਤ ਲੋਕਾਂ ਨੂੰ ਹੈਲਮੇਟ ਵੰਡੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਵੀ ਦਿੱਤੇ ਗਏ।
ਬਠਿੰਡਾ ਪੁਲਿਸ ਦੇ ਅਮਨੀਤ ਕੌਂਡਲ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਸਕੂਲੀ ਬੱਚਿਆਂ ਨੇ ਵੀ ਭਾਗ ਲਿਆ ਅਤੇ ਟ੍ਰੈਫਿਕ ਸਬੰਧੀ ਜਾਣਕਾਰੀ ਵੀ ਦਿੱਤੀ। ਕੁਝ ਲੋਕਾਂ ਨੇ ਰਾਤ ਨੂੰ ਚੱਲਣ ਵਾਲੇ ਵਾਹਨਾਂ ‘ਤੇ ਰਿਫਲੈਕਟਰ ਵੀ ਲਗਾ ਦਿੱਤੇ, ਜਿਨ੍ਹਾਂ ਨੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਏ ਰੱਖਣ ਵਿੱਚ ਸਹਾਇਤਾ ਵੀ ਕੀਤੀ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਸੜ੍ਹਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ, ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ, ਜਿਨ੍ਹਾਂ ਦੀ ਲਪੇਟ ਵਿਚ ਆਏ ਵਿਅਕਤੀ ਨੂੰ ਜਾਨ ਤੋਂ ਹੱਥ ਧੋਣੇ ਪੈਂਦੇ ਹਨ। ਏਡੀਸੀ ਮਨਮੋਹਨ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਨੂੰ ਠੱਲ ਪਾ ਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਉਨ੍ਹਾ ਕਿਹਾ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜ਼ਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ।