ਥਾਣੇ ‘ਚ ਸਟੂਡੀਓ, Wi-Fi ਕੁਨੈਕਸ਼ਨ ਦੀ ਵਰਤੋਂ…ਹਾਈਕੋਰਟ ਦਾ ਸਖ਼ਤ ਰੁਖ, ਬਣਾਈ ਨਵੀਂ ਟੀਮ… – News18 ਪੰਜਾਬੀ

ਲਾਰੈਂਸ ਬਿਸ਼ਨੋਈ ਗੈਂਗ ਨੇ ਐਨਸੀਪੀ (ਅਜੀਤ ਪਵਾਰ ਧੜੇ) ਦੇ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲੈ ਕੇ ਸਨਸਨੀ ਮਚਾ ਦਿੱਤੀ ਹੈ। ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਾਲੇ ਇੰਟਰਵਿਊ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸਾਬਰਮਤੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ ‘ਚੋਂ ਇੰਟਰਵਿਊ ਦਿੱਤੀ ਸੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਥਾਣੇ ‘ਚ ਸਟੂਡੀਓ ਵਰਗੀ ਸੁਵਿਧਾ ਦਿੱਤੀ ਗਈ ਹੈ। ਸਰਕਾਰੀ ਵਾਈ-ਫਾਈ ਕਨੈਕਸ਼ਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਅਦਾਲਤ ਨੇ ਅੱਗੇ ਕਿਹਾ ਕਿ ਇਹ ਸਾਰੇ ਤੱਥ ਅਪਰਾਧਿਕ ਸਾਜ਼ਿਸ਼ ਵੱਲ ਇਸ਼ਾਰਾ ਕਰਦੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਪ੍ਰਬੋਧ ਕੁਮਾਰ ਨੂੰ ਇਸ ਦਾ ਮੁਖੀ ਬਣਾਇਆ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਪ੍ਰਬੋਧ ਇਸ ਸਮੇਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨਾਲ ਜੁੜੇ ਹੋਏ ਹਨ।
ਪੰਜਾਬ-ਹਰਿਆਣਾ ਹਾਈਕੋਰਟ ਦੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਲਪਿਤਾ ਬੈਨਰਜੀ ਦੀ ਬੈਂਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ‘ਤੇ ਕਾਫੀ ਸਖਤ ਨਜ਼ਰ ਆਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਬੁੱਧਵਾਰ ਨੂੰ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਕਰੜੇ ਹੱਥੀਂ ਲਿਆ। ਅਦਾਲਤ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਤੰਬਰ 2022 ਵਿੱਚ ਉਸ ਦੇ ਟੀਵੀ ਇੰਟਰਵਿਊ ਲਈ ਸਟੂਡੀਓ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ।
ਇਸ ਨੇ ਅਪਰਾਧ ਦੀ ਵਡਿਆਈ ਨੂੰ ਹੋਰ ਉਤਸ਼ਾਹਿਤ ਕੀਤਾ। ਹਾਈ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਪੰਜਾਬ ਸਰਕਾਰ ਨੂੰ ਅਗਸਤ 2024 ਦੇ ਹੁਕਮਾਂ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਫਟਕਾਰ ਵੀ ਲਗਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸ਼ਾਮਲ ਸੀਨੀਅਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ।
- First Published :