ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 200 ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁਲਸ ਲਵੇਗੀ ਹਿਰਾਸਤ ‘ਚ

ਜਿਵੇਂ ਹੀ ਡੋਨਾਲਡ ਟਰੰਪ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਸ਼ਟਰਪਤੀ ਬਣੇ, ਉਨ੍ਹਾਂ ਨੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਵਿਰੁੱਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਤਹਿਤ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ 205 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇਗਾ। ਇਸ ਸਬੰਧ ਵਿੱਚ, ਇਨ੍ਹਾਂ ਸਾਰੇ ਭਾਰਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਿਆ ਜਾਵੇਗਾ। ਹਵਾਈ ਅੱਡੇ ‘ਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ, ਸਾਰਿਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।
ਇਸ ਸਬੰਧ ਵਿੱਚ ਅੱਜ ਇਮੀਗ੍ਰੇਸ਼ਨ ਵਿਭਾਗ, ਖੁਫੀਆ ਏਜੰਸੀਆਂ, ਹਵਾਈ ਅੱਡਾ ਪ੍ਰਬੰਧਕਾਂ ਅਤੇ ਹੋਰਨਾਂ ਦੀ ਪ੍ਰਬੰਧਾਂ ਸਬੰਧੀ ਮੀਟਿੰਗ ਵੀ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਫੌਜ ਦਾ ਜਹਾਜ਼ ਸੀ-17 ਉੱਥੇ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 200 ਤੋਂ ਵੱਧ ਭਾਰਤੀਆਂ ਨੂੰ ਲੈ ਕੇ ਰਵਾਨਾ ਹੋਇਆ ਹੈ, ਜੋ 5 ਫਰਵਰੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇਗਾ। ਇਸ ਹਵਾਈ ਜਹਾਜ਼ ਦੇ ਬਾਅਦ ਦੁਪਹਿਰ ਲਗਪਗ 1 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ, ਜਦਕਿ ਪਹਿਲਾਂ ਇਹ ਜਹਾਜ਼ ਸਵੇਰੇ 9 ਵਜੇ ਪੁੱਜਣ ਬਾਰੇ ਦੱਸਿਆ ਜਾ ਰਿਹਾ ਸੀ।
ਇਮੀਗ੍ਰੇਸ਼ਨ ਵਿਭਾਗ ਵੱਲੋਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪਰਤਣ ਵਾਲੇ ਭਾਰਤੀਆਂ ਦੇ ਦਸਤਾਵੇਜ਼ਾਂ ਦੀ ਘੋਖ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਪੁਲਸ ਹਵਾਲੇ ਕਰ ਦਿੱਤਾ ਜਾਵੇਗਾ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਭੇਜੇਗੀ। ਰਸਤੇ ਵਿੱਚ ਇਹ ਹਵਾਈ ਜਹਾਜ਼ ਜਰਮਨੀ ’ਚ ਰੈਮਸਟਿਨ ’ਤੇ ਤੇਲ ਭਰਵਾਉਣ ਲਈ ਰੁਕੇਗਾ। ਪੁਲਸ ਦੇ ਉੱਚ ਅਧਿਕਾਰੀ ਮੁਤਾਬਕ ਹਵਾਈ ਜਹਾਜ਼ ਦੁਪਹਿਰ ਸਮੇਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇਗਾ।