CM ਦੀ ਲੋਕਾਂ ਨੂੰ ਅਪੀਲ – News18 ਪੰਜਾਬੀ
ਜਲੰਧਰ- ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦਰਸ਼ ਬਣਾਉਣ ਲਈ ਇਕ ਆਦਰਸ਼ ਵਿਅਕਤੀ, ਆਦਰਸ਼ ਸ਼ਾਸਕ ਅਤੇ ਆਦਰਸ਼ ਲੋਕਾਈ ਨੂੰ ਕਿਹੜੀਆਂ ਕਦਰਾਂ-ਕੀਮਤਾਂ ਉਤੇ ਚੱਲਣਾ ਚਾਹੀਦਾ ਹੈ, ਉਸ ਦਾ ਵਰਣਨ ਕੀਤਾ ਹੈ।
ਸਮਾਜ ਦੀ ਸੱਭਿਆਚਾਰਕ ਵਿਰਾਸਤ ਵਿੱਚ ਭਗਵਾਨ ਵਾਲਮੀਕਿ ਜੀ ਦੇ ਲਾਮਿਸਾਲ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਰਿਸ਼ੀ ਵਾਲਮੀਕਿ ਜੀ ਵੱਲੋਂ ਦਿਖਾਏ ਰਾਹ ਅਤੇ ਉੱਚ ਆਦਰਸ਼ਾਂ ਉਤੇ ਚੱਲਣ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਰਚਿਤ ਮਹਾਨ ਮਹਾਂਕਾਵਿ ਰਾਮਾਇਣ ਸਦੀਆਂ ਤੋਂ ਮਨੁੱਖਤਾ ਨੂੰ ਸੱਚ ਤੇ ਆਦਰਸ਼ ਕਦਰਾਂ-ਕੀਮਤਾਂ ਸਿਖਾ ਰਿਹਾ ਹੈ। ਭਵਿੱਖੀ ਨਸਲਾਂ ਲਈ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੀ ਰੱਖਣ ਲਈ ਸੂਬਾ ਸਰਕਾਰ ਦਾ ਫ਼ਰਜ਼ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਦੇਸ਼ ਆਪਣੇ ਸੱਭਿਆਚਾਰ ਤੇ ਵਿਰਾਸਤ ਨੂੰ ਭੁੱਲ ਜਾਂਦੇ ਹਨ, ਉਹ ਸਮਾਂ ਬੀਤਣ ਨਾਲ ਖ਼ਤਮ ਹੋ ਜਾਂਦੇ ਹਨ।
ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿਖਾਏ ਰਾਹ ਤੇ ਉੱਚ ਆਦਰਸ਼ਾਂ ਉਤੇ ਚੱਲਣ ਦਾ ਹੋਕਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਬਖ਼ਸ਼ਿਸ਼ ਪ੍ਰਾਪਤ ਪੰਜਾਬ ਦੀ ਧਰਤੀ ਉਤੇ ਆਪਣੇ ਆਸ਼ਰਮ ਵਿੱਚ ਉਨ੍ਹਾਂ ਸ੍ਰੀ ਰਾਮ ਚੰਦਰ ਜੀ ਦੇ ਪੁੱਤਰਾਂ ਲਵ ਤੇ ਕੁਸ਼ ਨੂੰ ਸਿਖਲਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਫਲਸਫ਼ੇ ਬਾਰੇ ਲੋਕਾਈ ਨੂੰ ਜਾਣੂੰ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪਵਿੱਤਰ ਰਾਮਾਇਣ ਵਿੱਚ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਈਆਂ ਸਿੱਖਿਆਵਾਂ ਦੀ ਅਹਿਮੀਅਤ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੱਚ ਤੇ ਨੈਤਿਕ ਕਦਰਾਂ-ਕੀਮਤਾਂ ਉਤੇ ਚੱਲਣ ਦਾ ਰਾਹ ਅਪਨਾਉਣ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਹ ਪਵਿੱਤਰ ਮੌਕਾ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਹੋਈ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਨੀਤੀ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਤਾਂ ਕਿ ਇਸ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਇਕ ਵਿਹਾਰਕ ਢਾਂਚਾ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ।