ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ: 29 ਜਨਵਰੀ ਤੋਂ ਬਦਲੇਗਾ ਮੌਸਮ, ਦੋ ਦਿਨ ਮੀਂਹ ਦੀ ਸੰਭਾਵਨਾ

Punjab Weather Update: ਪੰਜਾਬ ਵਿੱਚ ਠੰਢ ਤੋਂ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਮੌਸਮ ਇੱਕ ਵਾਰ ਫਿਰ ਬਦਲਣ ਲੱਗਾ ਹੈ। ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਵਿਭਾਗ ਨੇ ਅੱਜ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਇਸ ਲਈ ਸੂਬੇ ਦੇ ਕਈ ਹਿੱਸਿਆਂ ਵਿੱਚ 24 ਘੰਟੇ ਸੀਤ ਲਹਿਰ ਜਾਰੀ ਰਹੇਗੀ। ਹਾਲਾਂਕਿ ਉਸ ਤੋਂ ਬਾਅਦ ਸੀਤ ਲਹਿਰ ਦੀ ਕੋਈ ਚੇਤਾਵਨੀ ਨਹੀਂ ਹੈ, ਪਰ ਮਹੀਨੇ ਦੇ ਅੰਤ ਵਿੱਚ ਲਗਾਤਾਰ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਵੀ ਹੈ।
ਮੌਸਮ ਵਿਭਾਗ ਅਨੁਸਾਰ, ਸੂਬੇ ਦੇ 13 ਜ਼ਿਲ੍ਹਿਆਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਸ਼ਾਮਲ ਹਨ। ਭਾਵ ਅੱਜ ਸਿਰਫ਼ ਦੋਆਬਾ ਅਤੇ ਮਾਝਾ ਜ਼ਿਲ੍ਹਿਆਂ ਲਈ ਹੀ ਸੀਤ ਲਹਿਰ ਦੀ ਚੇਤਾਵਨੀ ਹੈ ਅਤੇ ਮਾਲਵੇ ਦੇ ਕਿਸੇ ਵੀ ਖੇਤਰ ਵਿੱਚ ਸੀਤ ਲਹਿਰ ਦੀ ਚੇਤਾਵਨੀ ਨਹੀਂ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਸੇ ਤਰ੍ਹਾਂ ਪਠਾਨਕੋਟ, ਮਾਝੇ ਵਿੱਚ ਠੰਢ ਦੀ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ, 29 ਜਨਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 30-31 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 30 ਅਤੇ 31 ਜਨਵਰੀ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਮਾਲਵਾ ਖੇਤਰ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਪੂਰੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਨਾਲ ਵਧੇਗੀ ਠੰਢ
ਦੂਜੇ ਪਾਸੇ, ਪੱਛਮੀ ਗੜਬੜੀ ਦੇ ਸਰਗਰਮ ਹੋਣ ਦਾ ਪ੍ਰਭਾਵ ਹਿਮਾਚਲ ਦੇ ਪਹਾੜੀ ਇਲਾਕਿਆਂ ਵਿਚ ਵੀ ਮਹਿਸੂਸ ਕੀਤਾ ਜਾਵੇਗਾ, ਜਿਸ ਕਾਰਨ ਉੱਥੇ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਇਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪਵੇਗਾ ਅਤੇ ਪਹਾੜੀ ਇਲਾਕਿਆਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦਾ ਤਾਪਮਾਨ ਡਿਗ ਸਕਦਾ ਹੈ। ਇਸ ਦੇ ਨਾਲ ਹੀ 30 ਅਤੇ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।