ਪਾਕਿਸਤਾਨ ਦੇ EX-PM ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ – News18 ਪੰਜਾਬੀ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਲਈ ਉਨ੍ਹਾਂ ਦੇ ਸੰਘਰਸ਼ਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਪਾਕਿਸਤਾਨ ਵਰਲਡ ਅਲਾਇੰਸ (PWA) ਦੇ ਮੈਂਬਰਾਂ, ਜੋ ਕਿ ਪਿਛਲੇ ਸਾਲ ਦਸੰਬਰ ਵਿੱਚ ਸਥਾਪਿਤ ਇੱਕ ਵਕਾਲਤ ਸਮੂਹ ਹੈ, ਜੋ ਕਿ ਨਾਰਵੇਈ ਰਾਜਨੀਤਿਕ ਪਾਰਟੀ ਪਾਰਟੀਏਟ ਸੈਂਟਰਮ (Partiet Sentrum) ਨਾਲ ਵੀ ਜੁੜਿਆ ਹੋਇਆ ਹੈ, ਨੇ ਇਮਰਾਨ ਖਾਨ ਦੀ ਨਾਮਜ਼ਦਗੀ ਦਾ ਐਲਾਨ ਕੀਤਾ।
ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੀ ਰੱਖਿਆ ਲਈ ਮਹੱਤਵਪੂਰਨ ਕੰਮ
ਪਾਰਟੀ ਸੈਂਟਰਮ ਨੇ ਕ੍ਰਿਸਮਸ ‘ਤੇ 72 ਸਾਲਾ ਸਾਬਕਾ ਖਿਡਾਰੀ ਅਤੇ ਹੁਣ ਸਿਆਸਤਦਾਨ ਇਮਰਾਨ, ਜਿਨ੍ਹਾਂ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਖਿਤਾਬ ਦਿਵਾਇਆ, ਨੂੰ ਨੋਬਲ ਲਈ ਨਾਮਜ਼ਦ ਕਰਨ ਸੰਬੰਧੀ ਇੱਕ ਬਿਆਨ ਜਾਰੀ ਕੀਤਾ।
Partiet Sentrum ਨੇ ਕੱਲ੍ਹ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੀ ਪੋਸਟ ਵਿੱਚ ਕਿਹਾ, “ਸਾਨੂੰ ਪਾਰਟੀਟ ਸੈਂਟਰਮ ਵੱਲੋਂ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ, ਨਾਮਜ਼ਦ ਕਰਨ ਦੇ ਅਧਿਕਾਰ ਵਾਲੇ ਕਿਸੇ ਵੀ ਵਿਅਕਤੀ ਨਾਲ ਗੱਠਜੋੜ ਵਿੱਚ, ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਲਈ ਉਨ੍ਹਾਂ ਦੇ ਕੰਮ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।”
2019 ਵਿੱਚ ਨੋਬਲ ਲਈ ਵੀ ਨਾਮਜ਼ਦ ਕੀਤਾ ਗਿਆ ਸੀ
ਇਸ ਤੋਂ ਪਹਿਲਾਂ ਸਾਲ 2019 ਵਿੱਚ, ਇਮਰਾਨ ਖਾਨ ਨੂੰ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਵੀ ਨਾਮਜ਼ਦ ਕੀਤਾ ਗਿਆ ਸੀ। ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਹਰ ਸਾਲ, ਨਾਰਵੇਈ ਨੋਬਲ ਕਮੇਟੀ ਨੂੰ ਸੈਂਕੜੇ ਨਾਮਜ਼ਦਗੀਆਂ ਪ੍ਰਾਪਤ ਹੁੰਦੀਆਂ ਹਨ, ਜਿਸ ਤੋਂ ਬਾਅਦ ਉਹ 8 ਮਹੀਨਿਆਂ ਦੀ ਲੰਬੀ ਪ੍ਰਕਿਰਿਆ ਰਾਹੀਂ ਜੇਤੂ ਦੀ ਚੋਣ ਕਰਦੇ ਹਨ।
ਇਮਰਾਨ ਖਾਨ, ਜੋ ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਵੀ ਹਨ, ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਖਾਨ ਨੂੰ ਸੱਤਾ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਦੋਸ਼ਾਂ ਵਿੱਚ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਮਰਾਨ ਖਾਨ ਨੂੰ ਅਪ੍ਰੈਲ 2022 ਵਿੱਚ ਇੱਕ ਬੇਭਰੋਸਗੀ ਮਤੇ ਤੋਂ ਬਾਅਦ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਸੀ। ਉਨ੍ਹਾਂ ਆਪਣੇ ਖਿਲਾਫ ਲੱਗੇ ਸਾਰੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।