ਖਨੌਰੀ ਬਾਰਡਰ ਉਤੇ ਵੱਡੀ ਹਿਲਜੁਲ, ਅਚਾਨਕ ਪਹੁੰਚ ਗਏ DGP ਸਣੇ ਕਈ ਸੀਨੀਅਰ ਅਧਿਕਾਰੀ, ਵੇਖੋ ਹਾਲਾਤ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਬਾਰਡਰ ਉਤੇ ਵੱਡੀ ਹਿਲਜੁਲ ਨਜ਼ਰ ਆ ਰਹੀ ਹੈ। ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ (Punjab DGP Gaurav Yadav) ਖਨੌਰੀ ਬਾਰਡਰ ਉਤੇ ਪਹੁੰਚੇ ਹਨ। ਉਨ੍ਹਾਂ ਨਾਲ ਐਸਐਸਪੀ ਸਣੇ ਕਈ ਸੀਨੀਅਰ ਅਧਿਕਾਰੀ ਪਹੁੰਚੇ ਹਨ। ਇਨ੍ਹਾਂ ਵਿਚ ਕੇਂਦਰ ਸਰਕਾਰ ਨੇ ਅਧਿਕਾਰੀ ਵੀ ਦੱਸੇ ਜਾ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਉਹ ਡੱਲੇਵਾਲ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੂੰ ਮਰਨ ਵਰਤ ਛੱਡਣ ਲਈ ਮਨਾਇਆ ਜਾ ਰਿਹਾ ਹੈ।
ਉਧਰ, ਅੰਦੋਲਨ ਦੀ ਸਫਲਤਾ ਵੇਖ ਕੇ ਕਈ ਹੋਰ ਜਥੇਬੰਦੀਆਂ ਨੇ ਮੈਦਾਨ ਵਿਚ ਨਿੱਤਰ ਆਈਆਂ ਹਨ। ਗੁਰਨਾਮ ਸਿੰਘ ਚੜੂਨੀ ਸਣੇ ਹਰਿਆਣੇ ਦੀਆਂ ਕਈ ਜਥੇਬੰਦੀਆਂ ਵੀ ਹੱਕ ਵਿਚ ਆ ਗਈਆਂ ਹਨ। ਦੱਸ ਦਈਏ ਕਿ ਕੱਲ੍ਹ ਕਿਸਾਨ ਆਗੂ (ਡੱਲੇਵਾਲ) ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨਾਲੋਂ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਜ਼ਿਆਦਾ ਕੀਮਤੀ ਸੀ। ਲੋਕਾਂ ਦੇ ਦਰਸ਼ਨਾਂ ਲਈ ਮੁੱਖ ਪੰਡਾਲ ਵਿਚ ਲਿਆਂਦੇ ਡੱਲੇਵਾਲ ਨੇ ਮੰਜੇ ’ਤੇ ਲੰਮੇ ਪਿਆਂ ਹੀ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਉਸ ਦੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ 25 ਸਾਲਾਂ ਵਿਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਜਾਨਾਂ ਵੱਧ ਕੀਮਤੀ ਸਨ।
ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਸ਼ਹਾਦਤ ਦੇਣ ਵਾਸਤੇ ਤਿਆਰ ਹਨ। ਸੁਪਰੀਮ ਕੋਰਟ ਜੇ ਉਨ੍ਹਾਂ ਦੀ ਜ਼ਿੰਦਗੀ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਹੁਕਮ ਜਾਰੀ ਕਰੇ। ਉਨ੍ਹਾਂ ਕਿਹਾ ਕਿ ਜੇ ਕਿਸਾਨ ਮੋਰਚੇ ’ਚ ਕਿਸੇ ਕਿਸਾਨ ਦੇ ਖ਼ੂਨ ਦੀ ਇਕ ਬੂੰਦ ਵੀ ਵਹਾਈ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨ ਆਗੂ ਦੀ ਸਿਹਤ ਦਾ ਖਿਆਲ ਰੱਖ ਰਹੀ ਡਾਕਟਰਾਂ ਦੀ ਟੀਮ ਨੂੰ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਡੱਲੇਵਾਲ ਨੂੰ ਬਾਹਰ ਲੋਕਾਂ ਦੇ ਦਰਸ਼ਨਾਂ ਲਈ ਪੰਡਾਲ ਵਿੱਚ ਲਿਆਉਣ ਮੌਕੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ 78/48 ਤੱਕ ਪਹੁੰਚ ਗਿਆ।
- First Published :