ਕੱਲ੍ਹ ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਸੀਟਾਂ ‘ਤੇ ਪੈਣਗੀਆਂ ਵੋਟਾਂ, 6.96 ਲੱਖ ਵੋਟਰ ਕਰਨਗੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਕੱਲ੍ਹ ਨੂੰ ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਵੱਲੋਂ ਜ਼ਿਮਨੀ ਚੋਣਾਂ ਦੇ ਵਿੱਚ ਪੂਰਾ ਜ਼ੋਰ ਲਗਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਹੁਣ ਕੱਲ੍ਹ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਦੀਆਂ ਸੀਟਾਂ ‘ਤੇ ਵੋਟਾਂ ਪੈਣਗੀਆਂ। ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੀ ਜਿੱਤ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਲਕੇ (20 ਨਵੰਬਰ ਨੂੰ) ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ ਵੋਟਾਂ ਪੈਣਗੀਆਂ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ 4 ਹਲਕਿਆਂ ਦੇ 6.96 ਲੱਖ ਵੋਟਰ ਆਪਣੇ ਵੋਟ ਦੀ ਵਰਤੋਂ ਕਰਨਗੇ। ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਸੁਰੱਖਿਆ ਦੇ ਇਤਿਹਾਸ ਦੇ ਨਾਲ ਪੁੱਖਤਾ ਤਿਆਰੀਆਂ ਕੀਤੀਆਂ ਹਨ।
ਪੰਜਾਬ ਦੇ ਇਤਿਹਾਸ ’ਚ ਇੱਕ ਵਾਰ ਪਹਿਲਾਂ ਸਾਲ 2019 ਵਿੱਚ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਚਾਰ ਵਿਧਾਨ ਸਭਾ ਸੀਟਾਂ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ’ਚ ਜ਼ਿਮਨੀ ਚੋਣ ਹੋਈ ਸੀ। ਆਮ ਆਦਮੀ ਪਾਰਟੀ ਦੇ ਲਈ ਮੌਜੂਦਾ ਸੀਟਾਂ ਵੱਕਾਰੀ ਹਨ ਜਦੋਂ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਗਿੱਦੜਬਾਹਾ ਸੀਟ ਸਭ ਤੋਂ ਅਹਿਮ ਹੈ ਜਿੱਥੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਲੜ ਰਹੇ ਹਨ।
ਇਸ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਚੋਣ ਲੜ ਰਹੇ ਹਨ। ਸਭ ਤੋਂ ਖਿਚਵਾਂ ਮੁਕਾਬਲਾ ਬਰਨਾਲਾ ਦਾ ਬਣ ਗਿਆ ਹੈ ਜਿੱਥੋਂ ਦੀ ਚੋਣ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਲਈ ਸਭ ਤੋਂ ਅਹਿਮ ਹੈ। ਮੀਤ ਹੇਅਰ ਨੇ ਆਪਣੇ ਨੇੜਲੇ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਇੱਥੋਂ ਬਾਗ਼ੀ ਉਮੀਦਵਾਰ ਗੁਰਦੀਪ ਸਿੰਘ ਬਾਠ ਨੇ ਸੱਤਾਧਾਰੀ ਧਿਰ ਦੀ ਖੇਡ ਵਿਗਾੜ ਰੱਖੀ ਹੈ।
ਜ਼ਿਮਨੀ ਚੋਣਾਂ ਵਿਚ ਪ੍ਰਚਾਰ ’ਚ ਰੁਝੇ ਵੱਡੇ ਲੀਡਰਾਂ ਦੀ ਗੱਲ ਕਰੀਏ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਚਾਰਾਂ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਹੈ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਹਲਕੇ ਵਿੱਚ ਕਈ ਵਾਰ ਪ੍ਰਚਾਰ ਕਰ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ੁਦ ਗਿੱਦੜਬਾਹਾ ਵਿੱਚ ਅਤੇ ਉਨ੍ਹਾਂ ਨੇ ਸਿਰਫ਼ ਇੱਕ ਦਿਨ ਬਰਨਾਲਾ ਹਲਕੇ ਵਿੱਚ ਪ੍ਰਚਾਰ ਕੀਤਾ ਹੈ।
ਚੋਣ ਮੈਦਾਨ ’ਚ ਕੁੱਲ 45 ਉਮੀਦਵਾਰ
ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ‘ਚ 2 ਮਹਿਲਾ ਉਮੀਦਵਾਰ ਹਨ। ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਹਲਕੇ ਤੋਂ 14-14 ਉਮੀਦਵਾਰ ਮੈਦਾਨ ਵਿਚ ਹਨ ਜਦੋਂ ਕਿ ਬਰਨਾਲਾ ’ਚ 11 ਅਤੇ ਚੱਬੇਵਾਲ ’ਚ ਸਭ ਤੋਂ ਘੱਟ ਛੇ ਉਮੀਦਵਾਰ ਚੋਣ ਲੜ ਰਹੇ ਹਨ। ਭਾਜਪਾ ਨੇ ਚਾਰੋਂ ਹਲਕਿਆਂ ’ਚ ਦਲ-ਬਦਲੂਆਂ ਨੂੰ ਉਮੀਦਵਾਰ ਬਣਾਇਆ ਹੈ ਜਦੋਂ ਕਿ ‘ਆਪ’ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਲੜਕੇ ਇਸ਼ਾਂਕ ਕੁਮਾਰ ਨੂੰ ਚੱਬੇਵਾਲ ਤੋਂ ਟਿਕਟ ਦਿੱਤੀ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਵਿਚ ਪੰਜਾਬ ਪੁਲਿਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਜ਼ਰੀਏ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦ ਲਾਈਵ ਵੈੱਬਕਾਸਟਿੰਗ ਯਕੀਨੀ ਬਣਾਈ ਜਾਵੇਗੀ।
23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਚਾਰੋਂ ਵਿਧਾਨ ਸਭਾ ਹਲਕਿਆਂ ’ਚ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਚੱਬੇਵਾਲ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਇੰਜਨੀਅਰਿੰਗ ਵਿੰਗ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ। ਗਿੱਦੜਬਾਹਾ ਦੀਆਂ ਵੋਟਾਂ ਦੀ ਗਿਣਤੀ ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ। ਬਰਨਾਲਾ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਆਫ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।